Punjab News ਸਿੱਖ ਸੰਗਠਨਾਂ ਦੇ ਮੈਂਬਰਾਂ ਦੀ ਫੜੋਫੜੀ ਜਾਰੀ

Android

Prime VIP
Staff member
ਚੰਡੀਗੜ੍ਹ (ਭੁੱਲਰ)-ਭਾਵੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਕੱਲ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ 'ਤੇ ਕੇਂਦਰ ਸਰਕਾਰ ਵਲੋਂ ਫਿਲਹਾਲ ਰੋਕ ਲਾ ਦਿੱਤੀ ਗਈ ਹੈ ਪ੍ਰੰਤੂ ਇਸ ਦੇ ਬਾਵਜੂਦ ਰਾਜ ਵਿਚ ਕਈ ਥਾਵਾਂ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸੇ ਦੌਰਾਨ ਪ੍ਰਾਪਤ ਰਿਪੋਰਟਾਂ ਅਨੁਸਾਰ ਸਥਿਤੀ ਨੂੰ ਦੇਖਦਿਆਂ ਸਰਕਾਰ ਨੇ ਵੀ ਗਰਮਦਲੀ ਸਿੱਖ ਸੰਗਠਨਾਂ ਦੇ ਆਗੂਆਂ ਤੇ ਮੈਂਬਰਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਰੱਖਿਅ ਾਹੋਇਆ ਹੈ। ਗ੍ਰਿਫਤਾਰੀਆਂ ਦਾ ਸਿਲਸਿਲਾ ਕੱਲ ਦੇਰ ਸ਼ਾਮ ਸ਼ੁਰੂ ਹੋਇਆ ਸੀ ਅਤੇ ਅੱਜ ਵੀ ਵੱਖ-ਵੱਖ ਜ਼ਿਲਿਆਂ ਵਿਚ ਛਾਪਾਮਾਰੀ ਜਾਰੀ ਰਹੀ।
ਪੁਲਸ ਇਸ ਸਮੇਂ ਮੁੱਖ ਤੌਰ 'ਤੇ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਦਲ ਖਾਲਸਾ, ਖਾਲਸਾ ਐਕਸ਼ਨ ਕਮੇਟੀ ਨੂੰ ਮੁੱਖ ਤੌਰ 'ਤੇ ਨਿਸ਼ਾਨਾ ਬਣਾ ਕੇ ਕਾਰਵਾਈ ਕਰ ਰਹੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਹੁਣ ਤੱਕ ਰਾਜ ਭਰ ਵਿਚੋਂ ਇਨ੍ਹਾਂ ਸਿੱਖ ਸੰਗਠਨਾਂ ਨਾਲ ਸਬੰਧਤ 500 ਤੋਂ ਵੱਧ ਮੈਂਬਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨ੍ਹਾਂ ਨੂੰ ਧਾਰਾ 107/51 ਤਹਿਤ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਪੁਲਸ ਵਲੋਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਖਾਲਸਾ ਐਕਸ਼ਨ ਕਮੇਟੀ ਦੇ ਮੋਹਕਮ ਸਿੰਘ, ਅਕਾਲੀ ਦਲ ਪੰਚ ਪ੍ਰਧਾਨੀ ਦੇ ਬਲਜੀਤ ਸਿੰਘ ਬਿੱਟੂ ਅਤੇ ਧਾਰਮਿਕ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਵਰਗੇ ਪ੍ਰਮੁੱਖ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭਿਜਵਾਇਆ ਜਾ ਚੁੱਕਾ ਹੈ। ਗੁਰਦਾਸਪੁਰ ਵਿਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਫਾਇਰਿੰਗ ਅਤੇ ਕੁਝ ਹੋਰ ਥਾਵਾਂ 'ਤੇ ਟਕਰਾਓ ਦੀਆਂ ਘਟਨਾਵਾਂ ਤੋਂ ਬਾਅਦ ਰਾਜ ਭਰ ਵਿਚ ਸਿੱਖ ਸੰਗਠਨਾਂ ਦੇ ਮੈਂਬਰਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਹੋਰ ਤੇਜ਼ ਹੋ ਚੁੱਕਾ ਹੈ।
 
Top