ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰ&#2

BaBBu

Prime VIP
ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
ਯੁਗਾਂ ਤੋਂ ਕਾਫਲੇ ਆਉਂਦੇ ਇਸੇ ਸੱਚ ਦੇ ਗਵਾਹ ਬਣਦੇ

ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ
ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ

ਜੁ ਲੋ ਮੱਥੇ 'ਚੋਂ ਫੁੱਟਦੀ ਹੈ, ਉਹ ਅਸਲੀ ਤਾਜ ਹੁੰਦੀ ਹੈ
ਤਵੀ ਦੇ ਤਖਤ 'ਤੇ ਬਹਿ ਕੇ ਹੀ ਸੱਚੇ ਪਾਤਸ਼ਾਹ ਬਣਦੇ

ਇਹ ਪੰਡਤ ਰਾਗ ਦੇ ਤਾਂ ਪਿੱਛੋਂ ਸਦੀਆਂ ਬਾਅਦ ਆਉਂਦੇ ਨੇ
ਮੇਰੇ ਹਉਕੇ ਹੀ ਪਹਿਲਾਂ ਤਾਂ ਮੇਰੀ ਵੰਝਲੀ ਦੇ ਸਾਹ ਬਣਦੇ

ਅਸਾਨੂੰ ਰੀਤ ਤੋਂ ਵੱਧ ਕੇ ਕਿਸੇ ਦੀ ਪਰੀਤ ਪਿਆਰੀ ਹੈ
ਤੂੰ ਲਿਖ ਲੇਖਾ ਤੇ ਲਿਖ ਜਿੰਨੇ ਵੀ ਨੇ ਸਾਡੇ ਗੁਨਾਹ ਬਣਦੇ

ਰਾਂਝੇ ਨਾ ਵੀ ਹੁੰਦੇ ਤਾਂ ਵੀ ਨਾ ਬਣਦੇ ਅਸੀਂ ਕੈਦੋਂ
ਅਸੀਂ ਜਾਂ ਨਾਥ ਹੁੰਦੇ ਜਾਂ ਅਸੀਂ ਲੁੱਡਣ ਮਲਾਹ ਬਣਦੇ

ਉਦੋਂ ਤਕ ਤੂੰ ਹੈਂ ਸਾਡੀ ਹਿੱਕ ਦੇ ਵਿਚ ਮਹਿਫੂਜ਼ ਮਰ ਕੇ ਵੀ
ਜਦੋਂ ਤਕ ਜਿਸਮ ਸਾਡੇ ਹੀ ਨਹੀਂ ਸੜ ਕੇ ਸੁਆਹ ਬਣਦੇ

ਫ਼ਕੀਰਾਂ ਦੇ ਸੁਖਨ ਕੁਛ ਯਾਰ, ਕੁਛ ਤਾਰੀਖ ਦੇ ਮੰਜ਼ਰ
ਜਦੋਂ ਮੈਂ ਜ਼ਖਮ ਖਾ ਲੈਨਾਂ ਮੇਰੀ ਖ਼ਾਤਰ ਪਨਾਹ ਬਣਦੇ

ਮੈਂ ਇਕ ਗੱਲ ਜਾਣਦਾਂ ਕਿ ਹੈ ਕੋਈ ਸ਼ੈ ਇਸ ਵਜੂਦ ਅੰਦਰ
ਉਹ ਜਿਹੜੀ ਲਿਸ਼ਕ ਉਠਦੀ ਹੈ ਜਦੋਂ ਸਭ ਰੁਖ ਸਿਆਹ ਬਣਦੇ

ਕਦੀ ਦਰਿਆ ਇੱਕਲਾ ਤੈਹ ਨਹੀਂ ਕਰਦਾ ਦਿਸ਼ਾ ਆਪਣੀ
ਜ਼ਮੀਂ ਦੀ ਢਾਲ, ਜਲ ਦਾ ਵੇਗ ਹੀ ਰਲ ਮਿਲ ਕੇ ਰਾਹ ਬਣਦੇ

ਅਚਨਚੇਤੀ ਕਿਸੇ ਬਿੰਦੂ 'ਚੋਂ ਚਸ਼ਮਾ ਫੁੱਟ ਪੈਂਦਾ ਹੈ
ਇਹ ਦਾਅਵੇਦਾਰ ਦਾਅਵੇਦਾਰ ਐਵੇਂ ਖਾਹਮਖਾਹ ਬਣਦੇ

ਮੈਂ ਕੁਝ ਨਾਦਾਂ ਤੇ ਬਿੰਦਾਂ ਦਾ ਮਿਲਣ-ਬਿੰਦੂ ਹਾਂ ਮੈਂ ਕੀ ਹਾਂ
ਜੇ ਮੈਂ ਆਖਾਂ ਕਿ ਮੈਂ ਕੁਝ ਹਾਂ ਕਥਨ ਮੇਰੇ ਗੁਨਾਹ ਬਣਦੇ

ਇਹ ਤੁਰਦਾ ਕੌਣ ਹੈ ਮੈਂ ਕੌਣ ਹਾਂ ਤੇ ਕੌਣ ਪੁੱਛਦਾ ਹੈ
ਇਹ ਸੋਚਾਂ ਦਾ ਸਫਰ ਹੈ ਜਿਸ ਲਈ ਸੀਨੇ ਹੀ ਰਾਹ ਬਣਦੇ

ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀ
ਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ

ਹਮੇਸ਼ਾ ਲੋਚਿਆ ਬਣਨਾ ਤੁਹਾਡੇ ਪਿਆਰ ਦੇ 'ਪਾਤਰ'
ਕਦੇ ਨਾ ਸੋਚਿਆ ਆਪਾਂ ਕਿ ਅਹੁ ਬਣਦੇ ਜਾਂ ਆਹ ਬਣਦੇ
 
Top