Punjab News ਖਾਲਿਸਤਾਨ ਦੇ ਨਾਅਰਿਆਂ ਨਾਲ ਗੂੰਜਿਆ ਹਰਿਮੰਦਰ ਸ&#2622

Gill Saab

Yaar Malang
ਅੰਮ੍ਰਿਤਸਰ, (ਬਿਊਰੋ)-ਘੱਲੂਘਾਰਾ ਦਿਵਸ ਦੀ 29ਵੀਂ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਸਮਾਗਮ ਦੌਰਾਨ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਵਿਚ ਸਿੱਖਾਂ ਨਾਲ ਹੋਏ ਵਿਤਕਰਿਆਂ ਦਾ ਹਵਾਲਾ ਦਿੱਤਾ, ਉਥੇ ਗਰਮਖਿਆਲੀ ਜਥੇਬੰਦੀਆਂ ਦੇ ਆਗੂਆਂ, ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਸਮਰਥਕਾਂ ਖਾਲਿਸਤਾਨ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ। ਸ਼੍ਰੋਮਣੀ ਕਮੇਟੀ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਾਰਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੀ ਹੋਇਆ ਪਰ ਬਾਅਦ ਵਿਚ ਨਾਅਰੇਬਾਜ਼ੀ ਕਰਦੇ ਹੋਏ ਬਹੁਤ ਸਾਰੇ ਆਗੂ ਗੁਰਦੁਆਰਾ ਯਾਦਗਾਰ ਸ਼ਹੀਦਾਂ 'ਚ ਗਏ, ਜਿਸ ਦੇ ਬਾਹਰ ਵੀ ਖਾਲਿਸਤਾਨ ਦੇ ਹੱਕ ਵਿਚ ਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਹੋਈ, ਜਿਸ ਦੇ ਨਾਲ ਹਾਲਾਤ ਤਨਾਅਪੂਰਨ ਵਾਲੇ ਵੀ ਹੁੰਦੇ ਰਹੇ।
ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ), ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਤੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਸਨ। ਇਸ ਮੌਕੇ ਜੁੜੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਅੱਜ ਜਿਥੇ ਵਿਸ਼ਵ ਭਰ ਵਿਚ ਵਸਦੀ ਸਿੱਖ ਸੰਗਤ 6 ਜੂਨ, 1984 ਨੂੰ ਵਾਪਰੇ ਭਿਆਨਕ ਘੱਲੂਘਾਰੇ ਦੀ ਯਾਦ ਮਨਾ ਰਹੀ ਹੈ ਉਥੇ ਸਮੁੱਚੀਆਂ ਸਿੱਖ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਦਲ 'ਤੇ ਜੁੜ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਹਨ। 29 ਸਾਲ ਬੀਤ ਜਾਣ ਪਿਛੋਂ ਵੀ ਇਹ ਜ਼ਖ਼ਮ ਸਿੱਖ ਮਾਨਸਿਕਤਾ ਵਿਚ ਨਾ ਭੁੱਲਣ ਵਾਲੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਆਰੰਭੇ ਧਰਮ ਯੁੱਧ ਮੋਰਚੇ ਨੂੰ ਖਤਮ ਕਰਨ ਲਈ ਦੇਸ਼ ਦੀ ਪ੍ਰਧਾਨ ਮੰਤਰੀ ਨੇ ਆਪਣੀ ਰਾਜਸੀ ਹਉਮੈ ਵਿਚ ਗਲਤਾਨ ਹੋ ਕੇ ਇਸ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ, ਇਸ ਦੇਸ਼ ਦੀਆਂ ਸਰਹੱੱਦਾਂ ਦੀ ਰਾਖੀ ਕਰਨ ਵਾਲੇ ਦੇਸ਼ ਭਗਤਾਂ ਦੀ ਇਸ ਕੌਮ 'ਤੇ ਜੋ ਜੁਲਮ ਢਾਹਿਆ, ਉਹ ਸਾਨੂੰ ਰਹਿੰਦੀ ਦੁਨੀਆ ਤਕ ਨਹੀਂ ਭੁੱਲ ਸਕੇਗਾ। ਪਹਿਲਾਂ ਜੂਨ 1984 ਅਤੇ ਫਿਰ ਨਵੰਬਰ 1984 ਵਿਚ ਸਿੱਖਾਂ ਨਾਲ ਜੋ ਵਾਪਰਿਆ ਇਤਿਹਾਸ ਦੇ ਉਹ ਕਾਲੇ ਦਿਨ ਹਮੇਸ਼ਾ ਹੀ ਸਿੱਖਾਂ ਦੀ ਮਾਨਸਿਕਤਾ ਨੂੰ ਝੰਜੋੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਦੇਸ਼ ਦਾ ਕਾਨੂੰਨ ਤੇ ਪ੍ਰਬੰਧਕੀ ਢਾਂਚਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਿਹਾ ਹੈ। ਸਾਡੇ ਸਿੱਖ ਨੌਜਵਾਨ ਵੱਡੀ ਗਿਣਤੀ ਵਿਚ ਦੇਸ਼ ਦੀਆਂ ਜੇਲਾਂ ਵਿਚ ਬੰਦ ਕੀਤੇ ਹੋਏ ਹਨ। ਇਕ ਪਾਸੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਬਿਨਾਂ ਗਵਾਹੀਆਂ ਤੋਂ ਫਾਂਸੀ ਲਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ ਜਦਕਿ ਦੂਜੇ ਪਾਸੇ ਹਜ਼ਾਰਾਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਤੇ ਜਗਦੀਸ਼ ਟਾਇਟਲਰ ਵਰਗਿਆਂ ਖਿਲਾਫ਼ ਸੈਂਕੜੇ ਗਵਾਹੀਆਂ ਹੋਣ ਦੇ ਬਾਵਜੂਦ ਉਹ ਅਦਾਲਤਾਂ 'ਚੋਂ ਬਰੀ ਕੀਤੇ ਜਾ ਰਹੇ ਹਨ। ਜਿਨ੍ਹਾਂ ਨੌਜੁਆਨਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ/ਲੰਬੀਆਂ ਕੈਦਾਂ ਕੱਟ ਲੈਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਹੋਰ ਘਾਟ ਜੋ ਬੜੀ ਸ਼ਿੱਦਤ ਨਾਲ ਮਹਿਸੂਸ ਕਰਦਾ ਹਾਂ ਕਿ ਅਸੀਂ ਅੱਜ ਤੱਕ ਦੁਨੀਆ ਅਤੇ ਆਪਣੇ ਇਸ ਦੇਸ਼ ਵਾਸੀਆਂ ਸਾਹਮਣੇ ਆਪਣਾ ਪੱਖ ਸਹੀ ਢੰਗ ਨਾਲ ਨਹੀਂ ਰੱਖ ਸਕੇ। ਸਾਡੀਆਂ ਹਜ਼ਾਰਾਂ ਕੁਰਬਾਨੀਆਂ ਹੋਣ ਦੇ ਬਾਵਜੂਦ ਪੰਜਾਬ ਦੀਆਂ ਹੱਦਾਂ ਤੋਂ ਅੱਗੇ ਵਸਦੇ ਦੂਜੇ ਧਰਮਾਂ ਤੇ ਵਿਚਾਰਧਾਰਾ ਦੇ ਲੋਕ ਸਾਨੂੰ ਗਲਤ ਨਜ਼ਰਾਂ ਨਾਲ ਵੇਖਦੇ ਹਨ। ਉਨ੍ਹਾਂ ਕਿਹਾ ਕਿ ਅੱਜ ਅਸੀਂ ਆਪਣੇ ਨਿੱਕੇ-ਨਿੱਕੇ ਸਵਾਰਥਾਂ ਦੀ ਖਾਤਰ ਕੌਮ ਵਿਚ ਵੰਡੀਆਂ ਪਾਈ ਬੈਠੇ ਹਾਂ ਜਿਸ ਦਾ ਲਾਭ ਸਾਡੇ ਦੁਸ਼ਮਣ ਨੂੰ ਹੋ ਰਿਹਾ ਹੈ ਤੇ ਇਸੇ ਲਈ ਉਹ ਬੇਫ਼ਿਕਰੀ ਦੀ ਨੀਂਦ ਸੌਂ ਰਿਹਾ ਹੈ। ਅੱਜ ਲੋੜ ਹੈ ਕਿ ਅਸੀਂ ਆਪਣੀ ਸ਼ਕਤੀ ਨੂੰ ਇਕ ਝੰਡੇ ਥੱਲੇ ਇਕੱਤਰ ਕਰਕੇ ਆਪਣੀ ਪੰਥਕ ਸ਼ਕਤੀ ਨੂੰ ਤਾਕਤਵਰ ਬਣਾਈਏ ਤੇ ਵੱਡੇ-ਛੋਟੇ ਭਰਾ ਬਣ ਕੇ ਆਪਣੇ ਮਹਾਨ ਗੁਰੂ ਸਾਹਿਬਾਨਾਂ ਤੇ ਸ਼ਹੀਦਾਂ ਦੇ ਕਾਰਜ ਨੂੰ ਅੱਗੇ ਤੋਰੀਏ। ਸਮਾਗਮ ਸਮੇਂ ਭਾਈ ਈਸ਼ਰ ਸਿੰਘ ਸਪੁੱਤਰ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਬੀਬੀ ਹਰਮੀਤ ਕੌਰ ਸੁਪਤਨੀ ਅਮਰੀਕ ਸਿੰਘ, ਮਨਜੀਤ ਸਿੰਘ ਭਰਾਤਾ ਤੇ ਤਰਲੋਚਨ ਸਿੰਘ ਸਪੁੱਤਰ ਅਮਰੀਕ ਸਿੰਘ ਅਤੇ ਮਾਰੇ ਗਏ ਹੋਰ ਸਿੱਖਾਂ ਦੇ ਪਰਿਵਾਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
 
Top