ਅਸਾਂ ਤਾਂ ਜੋਬਨ ਰੁੱਤੇ ਮਰਨਾ !

ਅਸਾਂ ਤਾਂ ਜੋਬਨ ਰੁੱਤੇ ਮਰਨਾ
ਤੁਰ ਜਾਣਾ ਅਸਾਂ ਭਰੇ ਭਰਾਏ
ਹਿਜਰ ਤੇਰੇ ਦੀ ਕਰ ਪਰਕਰਮਾ
ਅਸਾਂ ਤਾਂ ਜੋਬਨ ਰੁੱਤੇ ਮਰਨਾ !
ਜੋਬਨ ਰੁੱਤੇ ਜੋ ਵੀ ਮਰਦਾ
ਫੁੱਲ ਬਣੇ ਜਾਂ ਤਾਰਾ
ਜੋਬਨ ਰੁੱਤੇ ਆਸ਼ਕ ਮਰਦੇ
ਜਾਂ ਕੋਈ ਕਰਮਾਂ ਵਾਲਾ
ਜਾਂ ਉਹ ਮਰਨ,
ਕਿ ਜਿਨ੍ਹਾਂ ਲਿਖਾਏ
ਹਿਜਰ ਧੁਰੋਂ ਵਿਚ ਕਰਮਾਂ
ਹਿਜਰ ਤੁਸਾਡਾ ਅਸਾਂ ਮੁਬਾਰਿਕ
ਨਾਲ ਬਹਿਸ਼ਤੀ ਖੜਨਾ
ਅਸਾਂ ਤਾਂ ਜੋਬਨ ਰੁੱਤੇ ਮਰਨਾ !
ਸੱਜਣ ਜੀ,
ਭਲਾ ਕਿਸ ਲਈ ਜੀਣਾ
ਸਾਡੇ ਜਿਹਾਂ ਨਿਕਰਮਾਂ
ਸੂਤਕ ਰੁੱਤ ਤੋਂ
ਜੋਬਨ ਰੁੱਤ ਤਕ
ਜਿਨ੍ਹਾਂ ਹੰਢਾਈਆਂ ਸ਼ਰਮਾਂ
ਨਿੱਤ ਲੱਜਿਆਂ ਦੀਆਂ ਜੰਮਣ-ਪੀੜਾਂ
ਅਣਚਾਹਿਆਂ ਵੀ ਜਰਨਾ
ਨਿੱਤ ਕਿਸੇ ਦੇਹ ਵਿਚ
ਫੁੱਲ ਬਣ ਖਿੜਨਾ
ਨਿੱਤ ਤਾਰਾ ਬਣ ਚੜ੍ਹਨਾ
ਅਸਾਂ ਤਾਂ ਜੋਬਨ ਰੁੱਤੇ ਮਰਨਾ !
ਸੱਜਣ ਜੀ,
ਪਏ ਸਭ ਜਗ ਤਾਈਂ
ਗਰਭ ਜੂਨ ਵਿਚ ਮਰਨਾ
ਜੰਮਣੋ ਪਹਿਲਾਂ ਔਧ ਹੰਢਾਈਏ
ਫੇਰ ਹੰਢਾਈਏ ਸ਼ਰਮਾਂ
ਮਰ ਕੇ ਕਰੀਏ,
ਇਕ ਦੂਜੇ ਦੀ
ਮਿੱਟੀ ਦੀ ਪਰਕਰਮਾ
ਪਰ ਜੇ ਮਿੱਟੀ ਵੀ ਮਰ ਜਾਏ
ਤਾਂ ਜੀਉ ਕੇ ਕੀ ਕਰਨਾ?
ਅਸਾਂ ਤਾਂ ਜੋਬਨ ਰੁੱਤੇ ਮਰਨਾ
ਤੁਰ ਜਾਣਾ ਅਸਾਂ ਭਰੇ ਭਰਾਏ
ਹਿਜਰ ਤੇਰੇ ਦੀ ਕਰ ਪਰਕਰਮਾ
ਅਸਾਂ ਤਾਂ ਜੋਬਨ ਰੁੱਤੇ ਮਰਨਾ !
 
ਜੋਬਨ ਰੁੱਤੇ ਜੋ ਵੀ ਮਰਦਾ
ਫੁੱਲ ਬਣੇ ਜਾਂ ਤਾਰਾ
ਜੋਬਨ ਰੁੱਤੇ ਆਸ਼ਕ ਮਰਦੇ
ਜਾਂ ਕੋਈ ਕਰਮਾਂ ਵਾਲਾ
kaaal likhya shiv kumar batalvi ne
 
Top