Punjab News ਸਰਨਾ ਭਰਾ ਅਕਾਲ ਤਖ਼ਤ ’ਤੇ ਤਲਬ

26 ਜੁਲਾਈ ਨੂੰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼


ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਨਸਲਕੁਸ਼ੀ ਦੇ ਕੇਸਾਂ ਦੀ ਪੈਰਵੀ ਕਰ ਰਹੇ ਐਡਵੋਕੇਟ ਐਚ.ਐਸ. ਫੂਲਕਾ ਵੱਲੋਂ ਇਹ ਕੇਸ ਤਿਆਗਣ ਦੇ ਕੀਤੇ ਗਏ ਫੈਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਫੂਲਕਾ ਨੂੰ ਸਿੱਖ ਕੌਮ ਵੱਲੋਂ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਕੇਸਾਂ ਦੀ ਪੈਰਵੀ ਪਹਿਲਾਂ ਵਾਂਗ ਜਾਰੀ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਐਡਵੋਕੇਟ ਫੂਲਕਾ ’ਤੇ ਕਰੋੜਾਂ ਰੁਪਏ ਦੀ ਰਕਮ ਅਜਾਈਂ ਗਵਾਉਣ ਦਾ ਦੋਸ਼ ਲਾਉਣ ਵਾਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਨੂੰ ਇਸ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ 26 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹਾਜ਼ਰ ਹੋਣ ਦੀ ਹਦਾਇਤ ਕੀਤੀ।
ਅੱਜ ਇਥੇ ਕਾਹਲੀ ਨਾਲ ਸੱਦੇ ਗਏ ਪੱਤਰਕਾਰ ਸੰਮੇਲਨ ਵਿਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਐਡਵੋਕੇਟ ਫੂਲਕਾ ਸਿੱਖ ਨਸਲਕੁਸ਼ੀ ਦੇ ਕੇਸਾਂ ਦੀ ਪੈਰਵੀ ਪਿਛਲੇ 26 ਸਾਲਾਂ ਤੋਂ ਦ੍ਰਿੜਤਾ ਨਾਲ ਅਤੇ ਸਿੱਖਾਂ ਦੇ ਹਿਤਾਂ ਲਈ ਕਰ ਰਹੇ ਹਨ। ਪਰ ਅਫਸੋਸ ਦੀ ਗੱਲ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਵੱਲੋਂ ਐਡਵੋਕੇਟ ਫੂਲਕਾ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਇਨ੍ਹਾਂ ਕੇਸਾਂ ਦੀ ਪੈਰਵੀ ਲਈ ਕਰੋੜਾਂ ਰੁਪਏ ਦੀ ਰਕਮ ਲਈ ਹੈ। ਇਨ੍ਹਾਂ ਦੋਸ਼ਾਂ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਐਡਵੋਕੇਟ ਫੂਲਕਾ ਨੇ ਇਹ ਸਾਰੇ ਕੇਸ ਤਿਆਗਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਐਡਵੋਕੇਟ ਫੂਲਕਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਪੱਤਰ ਭੇਜਿਆ ਗਿਆ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਅਦਾਲਤਾਂ ਵਿਚ ਚੱਲ ਰਹੇ ਇਨ੍ਹਾਂ ਕੇਸਾਂ ਵਿਚ ਹੁਣ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਦਾ ਸਮਾਂ ਨੇੜੇ ਆ ਚੁੱਕਾ ਹੈ ਤਾਂ ਇਸ ਸਮੇਂ ਅਜਿਹੇ ਗੰਭੀਰ ਦੋਸ਼ ਲਾ ਕੇ ਇਸ ਮੁਹਿੰਮ ਨੂੰ ਤਾਰਪੀਡੋ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਲਾਉਣਾ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਹ ਕੇਸਾਂ ਨੂੰ ਕਮਜ਼ੋਰ ਕੀਤੇ ਜਾਣ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਐਡਵੋਕੇਟ ਫੂਲਕਾ ਨੂੰ ਸਿੱਖ ਕੌਮ ਵੱਲੋਂ ਹਦਾਇਤ ਕੀਤੀ ਹੈ ਕਿ ਉਹ ਕੇਸਾਂ ਦੀ ਪੈਰਵੀ ਪਹਿਲਾਂ ਵਾਂਗ ਜਾਰੀ ਰੱਖਣ। ਇਸ ਮਾਮਲੇ ਵਿਚ ਸਮੁੱਚੀ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਵੀ ਹਦਾਇਤ ਕੀਤੀ ਹੈ ਕਿ ਨਸਲਕੁਸ਼ੀ ਦੇ ਕੇਸਾਂ ਦੇ ਮਾਮਲੇ ਵਿਚ ਐਡਵੋਕੇਟ ਫੂਲਕਾ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਐਡਵੋਕੇਟ ਫੂਲਕਾ ਦੇ ਮਾਮਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਗੱਲ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ 26 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਸਮੇਂ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਹੈ। ਇਸ ਸਬੰਧ ਵਿਚ ਉਨ੍ਹਾਂ ਨੂੰ ਇਕ ਪੱਤਰ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਐਡਵੋਕੇਟ ਫੂਲਕਾ ਨੂੰ ਕੋਈ ਨੁਕਸਾਨ ਪਹੁੰਚਾਇਆ ਗਿਆ ਤਾਂ ਸਿੱਖ ਕੌਮ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਸਿੱਖ ਨਸਲਕੁਸ਼ੀ ਦੇ ਕੇਸ ਲੜਨ ਲਈ ਉਨ੍ਹਾਂ ਐਡਵੋਕੇਟ ਫੂਲਕਾ ਤੋਂ ਇਲਾਵਾ ਐਡਵੋਕੇਟ ਸ੍ਰੀ ਰਾਮ ਜੇਠ ਮਲਾਨੀ ਦਾ ਵੀ ਧੰਨਵਾਦ ਕੀਤਾ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਸ੍ਰੀ ਫੂਲਕਾ ਨੇ ਸਿੱਖ ਨਸਲਕੁਸ਼ੀ ਦੇ ਕੇਸ ਪ੍ਰਭਾਵਿਤ ਲੋਕਾਂ ਕੋਲੋਂ ਬਿਨਾਂ ਫੀਸ ਲਏ ਲੜੇ ਹਨ। ਇਸ ਸਬੰਧ ਵਿਚ ਦਿੱਲੀ ਕਮੇਟੀ ਵੱਲੋਂ 15 ਹਜ਼ਾਰ ਰੁਪਏ ਐਡਵੋਕੇਟ ਫੂਲਕਾ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਕਮੇਟੀ ਹੈ ਅਤੇ ਇਸ ਦਾ ਫਰਜ਼ ਬਣਦਾ ਹੈ ਕਿ ਸਿੱਖ ਹਿਤਾਂ ਲਈ ਕੇਸ ਦੀ ਪੈਰਵੀ ਕਰ ਰਹੇ ਵਿਅਕਤੀ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਸਿੱਖ ਨਸਲਕੁਸ਼ੀ ਦੇ ਅਦਾਲਤ ਵਿਚ ਚੱਲ ਰਹੇ ਕੇਸਾਂ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਪਿੱਛੇ ਕੀ ਕਾਂਗਰਸ ਦਾ ਹੱਥ ਹੈ, ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕੁਝ ਵੀ ਸਿੱਧੇ ਤੌਰ ’ਤੇ ਕਹਿਣ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਇਸ ਬਾਰੇ ਸਾਰਿਆਂ ਨੂੰ ਪਤਾ ਹੀ ਹੈ।
ਸਰਨਾ ਵੱਲੋਂ ਫੈਸਲਾ 25 ਨੂੰ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਦੇਣ ਲਈ ਆਉਣ ਸਬੰਧੀ ਫੈਸਲਾ 25 ਜੁਲਾਈ ਨੂੰ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਜਾਰੀ ਕੀਤੀ ਗਈ ਹਦਾਇਤ ਸਬੰਧੀ ਪੱਤਰ ਫਿਲਹਾਲ ਉਨ੍ਹਾਂ ਨੂੰ ਨਹੀਂ ਮਿਲਿਆ। ਉਨ੍ਹਾਂ ਦੇ ਕੁਝ ਵਪਾਰਕ ਰੁਝੇਵੇਂ ਵੀ ਪਹਿਲਾਂ ਤੋਂ ਹੀ ਤੈਅ ਹਨ।
 
Top